ਮੁਹਾਲੀ, 14 ਫਰਵਰੀ:
ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ। ਲਿਹਾਜ਼ਾ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਕੀਤੀਆਂ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ ਗੱਲ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਬੜਮਾਜਰਾ ਵਿੱਚ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਦਾ ਨਿਰੀਖਣ ਕੀਤਾ।
ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੜਾਅਵਾਰ ਇੱਕ-ਇੱਕ ਕਰਕੇ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ‘ਆਪ’ ਵਿਧਾਇਕ ਨੇ ਕਿਹਾ ਕਿ ਜਿਹੜੇ ਵਿਅਕਤੀ ਅਧਿਕਾਰਤ ਕਲੋਨੀਆਂ ਵਿੱਚ ਮਕਾਨ ਜਾਂ ਪਲਾਟ ਵੇਚ ਕੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਗੇ, ਉਨ੍ਹਾਂ ਨੂੰ ਹੀ ਪੰਜਾਬ ਸਰਕਾਰ ਵੱਲੋਂ ਮਾਨਤਾ ਦਿੱਤੀ ਜਾਵੇਗੀ ਪ੍ਰੰਤੂ ਜਿਹੜੇ ਪ੍ਰਾਪਰਟੀ ਡੀਲਰ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਖਿਲਵਾੜ ਕਰਨਗੇ, ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਦੇ ਅੰਦਰ ਲਿਆਂਦਾ ਜਾਵੇਗਾ ਅਤੇ ਕਿਸੇ ਨੂੰ ਵੀ ਬਖ਼ਸ਼ਿਆਂ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ 40-50 ਸਾਲਾਂ ਤੋਂ ਚਲੀ ਆ ਰਹੀ ਪ੍ਰਕਿਰਿਆ ਹੈ ਅਤੇ ਇਹ ਕੋਹੜ ਬੁਰੀ ਤਰ੍ਹਾਂ ਪੂਰੇ ਸਿਸਟਮ ਨੂੰ ਚਿਮੜਿਠਆ ਹੋਇਆ ਹੈ। ਪ੍ਰੰਤੂ ਹੌਲੀ-ਹੌਲੀ ਕਰਕੇ ਇਸ ਮਸਲੇ ਨੂੰ ਵੀ ਪੂਰੀ ਤਰ੍ਹਾਂ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਰੋਜ਼-ਮਰਾ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਕਰਨ ਦਾ ਮੌਕਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਪੁੱਜ ਕੇ ਇਨ੍ਹਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਬੰਧਤ ਮੁਲਾਜ਼ਮ ਇਨ੍ਹਾਂ ਕੈਂਪਾਂ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ।
ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਆਰਪੀ ਸ਼ਰਮਾ, ਸਰਪੰਚ ਰਣਜੀਤ ਕੌਰ, ਕੌਂਸਲਰ ਗੁਰਮੀਤ ਕੌਰ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ ਹਰਸੰਗਤ ਸਿੰਘ, ਹਰਬਿੰਦਰ ਸਿੰਘ ਸੈਣੀ, ਰਾਜੂ ਬੜਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ, ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ ਅਤੇ ਮੌਜੂਦ ਸਨ।