ਮੌਸਮ ਵਿਭਾਗ 19 ਤੇ 20 ਜੂਨ ਨੂੰ ਬਾਰਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ‘ਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਕੱਲ੍ਹ ਸ਼ਾਮ ਤੱਕ ਪਠਾਨਕੋਟ ਵਿੱਚ 9.5 ਮਿਲੀਮੀਟਰ ਤੇ ਅੰਮ੍ਰਿਤਸਰ ਵਿੱਚ ਦੋ ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅੰਮ੍ਰਿਤਸਰ ਤੇ ਪਠਾਨਕੋਟ ਤੋਂ ਬਾਅਦ ਕੱਲ੍ਹ ਸ਼ਾਮ ਪਟਿਆਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਐਸਬੀਐਸ ਨਗਰ ਤੇ ਹੁਸ਼ਿਆਰਪੁਰ ਵਿੱਚ ਵੀ ਤੇਜ਼ ਹਵਾਵਾਂ ਤੇ ਮੀਂਹ ਪਿਆ। ਇਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ ਪਰ ਮੀਂਹ ਤੋਂ ਬਾਅਦ ਅੱਜ ਤਾਪਮਾਨ 30 ਤੋਂ 42 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਬੁੱਧਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 29 ਤੋਂ 43 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਲੁਧਿਆਣਾ ਵਿੱਚ ਬੁੱਧਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 30 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਬੀਤੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ 30 ਤੋਂ 43 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।